ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅੰਦਰ ਪ ">
ਡੀਸੀ ਨੇ ਪਰਾਲੀ ਨਾ ਸਾੜਨ ਹਿੱਤ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
September 23, 2025
DC-Flags-Off-Awareness-Vans-To-P

Neeraj / Bathinda

ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅੰਦਰ ਪਰਾਲੀ ਨਾ ਸਾੜਨ ਹਿੱਤ ਜਾਗਰੂਕਤਾ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

ਇਸ ਮੌਕੇ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਹ ਧੂੰਆ ਕਈ ਵਾਰ ਸੜਕਾਂ ‘ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਖੇਤ ਵਿੱਚ ਖੜ੍ਹੇ ਦਰੱਖਤ ਅਤੇ ਖੇਤ ਨਾਲ ਖੜ੍ਹੀ ਫ਼ਸਲ ਨੂੰ ਵੀ ਅੱਗ ਲੱਗਣ ਕਾਰਨ ਨੁਕਸਾਨ ਹੋ ਸਕਦਾ ਹੈ। ਅੱਗ ਲੱਗਣ ਨਾਲ ਜ਼ਮੀਨ ਦੀ ਉਪਰਲੀ ਸਤਹਿ ਨੂੰ ਬਹੁਤ ਜ਼ਿਆਦਾ ਸੇਕ ਲੱਗਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਪਾਣੀ ਜ਼ਜਬ ਕਰਨ ਦੀ ਸ਼ਕਤੀ ਘੱਟ ਜਾਂਦੀ ਹੈ, ਇਸ ਨਾਲ ਜ਼ਿਆਦਾ ਬਾਰਿਸ਼ਾਂ ਦੀ ਹਾਲਤ ਵਿੱਚ ਫ਼ਸਲ ਦਾ ਨੁਕਸਾਨ ਹੋ ਜਾਂਦਾ ਹੈ। ਡੀਸੀ ਨੇ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲੇ ਹੋਏ ਧੂੰਏ ਦੇ ਕਾਰਨ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ।

ਅੱਗ ਨਾ ਲਗਾਉਣ ਕਾਰਨ ਹੋਣ ਵਾਲੇ ਫਾਇਦਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡੀਸੀ ਨੇ ਦੱਸਿਆ ਕਿ ਜ਼ਮੀਨ ਵਿੱਚ ਮੌਜੂਦਾ ਮਿੱਤਰ ਕੀੜੇ ਸੁਰੱਖਿਅਤ ਰਹਿੰਦੇ ਹਨ। ਲਗਾਤਾਰ 3-4 ਸਾਲ ਅੱਗ ਨਾ ਲਗਾਉਣ ਨਾਲ ਖਾਦਾਂ ਦੀ ਵਰਤੋਂ ਕਾਫੀ ਹੱਦ ਤੱਕ ਘੱਟ ਜਾਂਦੀ ਹੈ ਅਤੇ ਖੇਤ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਹੱਲ ਹੋਣ ਨਾਲ ਝਾੜ ਵਿੱਚ ਵਾਧਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਬੀਜੀ ਗਈ ਫਸਲ ਦਾ ਨਾੜ ਬਹੁਤ ਮੋਟਾ ਹੋ ਜਾਂਦਾ ਹੈ, ਜਿਸ ਕਰਕੇ ਖਰਾਬ ਮੌਸਮ ਵਿੱਚ ਫ਼ਸਲ ਡਿੱਗਦੀ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਮੌਜੂਦਾ ਖੁਰਾਕੀ ਤੱਤ ਦੁਬਾਰਾ ਜ਼ਮੀਨ ਵਿੱਚ ਜਮ੍ਹਾਂ ਹੋਣ ਕਾਰਨ ਖਾਦ ਦੀ ਮੰਗ ਹਰੇਕ ਸਾਲ ਘੱਟਣੀ ਸ਼ੁਰੂ ਹੋ ਜਾਂਦੀ ਹੈ।

ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜਮੀਨ ਵਿੱਚ ਹੀ ਮਿਲਾਉਣ ਨੂੰ ਤਰਜ਼ੀਹ ਦੇਣ। ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਬਣੇ ਰਹੇਗੀ ਉਥੇ ਹੀ ਫਸਲ ਦੇ ਝਾੜ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸਟਰਾਅ ਰੇਕ, ਬੇਲਰ, ਸੁਪਰ ਐਸ.ਐਮ.ਐਸ, ਮਲਚਰ, ਪੈਡੀ ਸਟਰਾਅ ਚੌਂਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਅਤੇ ਸਰਫੇਸ ਸੀਡਰ ਆਦਿ ਖੇਤੀਬਾੜੀ ਵਿਭਾਗ ਤੋਂ ਸਬਸਿਡੀ ਨਾਲ ਲਈਆਂ ਜਾ ਸਕਦੀਆਂ ਹਨ।


DC Flags Off Awareness Vans To Prevent Stubble Burning


Recommended Posts
Latest