ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ">
ਆਉਂਦੀਆਂ ਪੀੜੀਆਂ ਲਈ ਸ਼ੁੱਧ ਹਵਾ ਅਤੇ ਪਾਣੀ ਵਿਰਾਸਤ ਵਜੋਂ ਛੱਡਣਾ ਸਾਡਾ ਸਾਰਿਆਂ ਦਾ ਫ਼ਰਜ਼ - ਡਿਪਟੀ ਕਮਿਸ਼ਨਰ
September 23, 2025
Leaving-Clean-Air-And-Water-As-A

Neeraj / Malerkotla

ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅੱਜ ਪਿੰਡ ਅਹਿਦਪੁਰ (ਧਲੇਰ ਕਲਾਂ) ਅਤੇ ਝਨੇਰ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਹੈ ਕਿ ਆਉਂਦੀਆਂ ਪੀੜੀਆਂ ਨੂੰ ਸ਼ੁੱਧ ਹਵਾ ਅਤੇ ਪਾਣੀ ਵਿਰਾਸਤ ਵਜੋਂ ਛੱਡੀਏ।

ਡੀ.ਸੀ. ਨੇ ਦੱਸਿਆ ਕਿ ਪਿਛਲੇ ਸਾਲ ਇਨ੍ਹਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਧ ਦਰਜ ਕੀਤੀਆਂ ਗਈਆਂ ਸਨ, ਇਸ ਲਈ ਇੱਥੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਜ਼ਹਿਰੀਲਾ ਬਣਦਾ ਹੈ, ਉੱਥੇ ਜ਼ਮੀਨ ਦੇ ਖ਼ੁਰਾਕੀ ਤੱਤ ਵੀ ਸੜ ਜਾਂਦੇ ਹਨ, ਜਿਸ ਨਾਲ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਬੁਰੇ ਪ੍ਰਭਾਵ ਪੈਂਦੇ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਸੈਟਲਾਈਟ ਮਾਨੀਟਰਿੰਗ ਅਤੇ ਖੇਤਾਂ ਵਿੱਚ ਟੀਮਾਂ ਦੀ ਗਸ਼ਤ ਰਾਹੀਂ ਹਾਲਾਤਾਂ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਡੀ.ਸੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਬਿਨ੍ਹਾਂ ਅੱਗ ਲਗਾਏ ਪਰਾਲੀ ਨੂੰ ਸੰਭਾਲ ਸਕਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸਾਡੇ ਧਾਰਮਿਕ ਗ੍ਰੰਥਾਂ ਦੀ ਸਿੱਖਿਆ ਮੁਤਾਬਕ ਧਰਤੀ, ਪਾਣੀ ਅਤੇ ਹਵਾ ਦੀ ਸੰਭਾਲ ਲਈ ਪਰਾਲੀ ਨੂੰ ਨਾ ਸਾੜਿਆ ਜਾਵੇ।

ਇਸ ਮੌਕੇ ਕਿਸਾਨਾਂ ਨੇ ਭਰੋਸਾ ਦਵਾਇਆ ਕਿ ਉਹ ਪਰਾਲੀ ਨੂੰ ਨਾ ਸਾੜ ਕੇ ਸਰਕਾਰ ਵੱਲੋਂ ਦਿੱਤੀ ਗਈ ਮਸ਼ੀਨਰੀ ਦਾ ਸਹੀ ਇਸਤੇਮਾਲ ਕਰਨਗੇ ਅਤੇ ਵਾਤਾਵਰਣ-ਦੋਸਤ ਪ੍ਰਬੰਧ ਅਪਣਾਉਣਗੇ।

ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਸੇ ਨੂੰ ਅੱਗ ਲਗਾਉਣ ਦੇ ਬਰਾਬਰ ਹੈ, ਕਿਉਂਕਿ ਜਦੋਂ ਇਸ ਨੂੰ ਮਿੱਟੀ ਵਿੱਚ ਮਿਲਾਇਆ ਜਾਂਦਾ ਹੈ ਤਾਂ ਖੇਤ ਦੀ ਜ਼ਰੂਰਤ ਮੁਤਾਬਕ ਖਾਦ ਦੀ ਮੰਗ ਘਟਦੀ ਹੈ ਅਤੇ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ। ਇਸ ਨਾਲ ਖਰਚੇ ਵਿੱਚ ਕਮੀ ਆਉਂਦੀ ਹੈ ਅਤੇ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ।

ਉਨ੍ਹਾਂ ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ੋਰ ਦੇ ਕੇ ਕਿਹਾ ਕਿ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਈ ਜਾਵੇ।

ਇਸ ਮੌਕੇ ਡੀ.ਐਸ.ਪੀ. ਮਾਨਵਜੀਤ ਸਿੰਘ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਗੁਰਮੇਹਰ ਸਿੰਘ, ਸਰਪੰਚ ਅਹਿਦਪੁਰ ਸੰਦੀਪ ਕੌਰ, ਸਰਪੰਚ ਝਨੇਰ ਜਸਵਿੰਦਰ ਸਿੰਘ ਸਮੇਤ ਸਮੂਹ ਗਰਾਮ ਪੰਚਾਇਤ ਮੌਜੂਦ ਸੀ।

Leaving Clean Air And Water As A Legacy For The Coming Generations Is Our Duty Deputy Commissioner


Recommended Posts
Latest